Akali-BJP ਗੱਠਜੋੜ ਤੋਂ ਬਾਅਦ ਗੁਰਦਰਸ਼ਨ ਸੈਣੀ ਦੀ CM ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਚਰਚਾ ਦਾ ਵਿਸ਼ਾ ਬਣੀ
ਡੇਰਾਬੱਸੀ ਹਲਕੇ ਦੇ ਭਵਿੱਖ ਅਤੇ ਲੋਕ ਮਸਲਿਆਂ ਸਬੰਧੀ ਮੁੱਖ ਮੰਤਰੀ ਨਾਲ ਕੀਤੀਆਂ ਅਹਿਮ ਵਿਚਾਰਾਂ
Babushahi Network
ਡੇਰਾਬੱਸੀ/ 27 ਨਵੰਬਰ (2026):
ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਬਣੇ ਨਵੇਂ ਸਮੀਕਰਨਾਂ ਦਰਮਿਆਨ ਭਾਜਪਾ ਓਬੀਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਦੇ ਸੇਵਾਦਾਰ ਸ. ਗੁਰਦਰਸ਼ਨ ਸਿੰਘ ਸੈਣੀ ਦੀ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਹੋਈ ਅਹਿਮ ਮੁਲਾਕਾਤ ਨੇ ਸਿਆਸੀ ਹਲਕਿਆਂ ਦਾ ਧਿਆਨ ਖਿੱਚਿਆ ਹੈ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਭਵਿੱਖ, ਵਿਕਾਸ ਦੀਆਂ ਸੰਭਾਵਨਾਵਾਂ ਅਤੇ ਖਾਸ ਕਰਕੇ ਜ਼ਿਲ੍ਹਾ ਮੋਹਾਲੀ ਤੇ ਹਲਕਾ ਡੇਰਾਬੱਸੀ ਦੀਆਂ ਬੁਨਿਆਦੀ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਚਰਚਾ ਹੋਈ।
.jpeg)
ਇਸ ਮੌਕੇ ਭਾਜਪਾ ਦੇ ਵਾਈਸ ਪ੍ਰਧਾਨ ਸ. ਰਣਜੀਤ ਸਿੰਘ ਗਿੱਲ, ਗੁਰਦਰਸ਼ਨ ਸਿੰਘ ਸੈਣੀ ਦੇ ਸਪੁੱਤਰ ਹਰਦੀਪ ਸਿੰਘ ਸੈਣੀ ਤੇ ਹਰਜੀਤ ਸਿੰਘ ਮਿੰਟਾ ਵੀ ਮੌਜੂਦ ਸਨ। ਸ੍ਰੀ ਗਿੱਲ ਵੱਲੋਂ ਮੁੱਖ ਮੰਤਰੀ ਨੂੰ ਖਰੜ ਹਲਕੇ ਦੀਆਂ ਦਰਪੇਸ਼ ਦਿੱਕਤਾਂ ਸੰਬੰਧੀ ਜਾਣੂ ਕਰਵਾਇਆ ਗਿਆ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਗੁਰਦਰਸ਼ਨ ਸਿੰਘ ਸੈਣੀ ਵਿਚਕਾਰ ਨੇੜਲੇ ਸਬੰਧਾਂ ਦੇ ਮੱਦੇਨਜ਼ਰ ਇਸ ਮੁਲਾਕਾਤ ਨੂੰ ਵਿਸ਼ੇਸ਼ ਮਹੱਤਵ ਦਿੱਤਾ ਜਾ ਰਿਹਾ ਹੈ। ਮੁਲਾਕਾਤ ਦੌਰਾਨ ਗੁਰਦਰਸ਼ਨ ਸਿੰਘ ਸੈਣੀ ਨੇ ਡੇਰਾਬੱਸੀ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਉਠਾਉਂਦਿਆਂ ਇਲਾਕੇ ਦੇ ਵਿਕਾਸ ਲਈ ਠੋਸ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕਾ ਉਦਯੋਗਿਕ ਅਤੇ ਰਿਹਾਇਸ਼ੀ ਖੇਤਰ ਵਜੋਂ ਤੇਜ਼ੀ ਨਾਲ ਵਿਕਸਤ ਹੋ ਰਿਹਾ ਹੈ, ਪਰ ਇਸ ਦੇ ਮੁਕਾਬਲੇ ਬੁਨਿਆਦੀ ਸਹੂਲਤਾਂ ਦਾ ਵਿਕਾਸ ਉਸ ਪੱਧਰ ’ਤੇ ਨਹੀਂ ਹੋ ਸਕਿਆ ਜਿਸ ਦੀ ਇੱਥੋਂ ਦੇ ਲੋਕਾਂ ਨੂੰ ਲੋੜ ਹੈ। ਇਲਾਕੇ ਵਿੱਚ ਵੱਧ ਰਿਹਾ ਪ੍ਰਦੂਸ਼ਣ, ਸਰਕਾਰੀ ਹਸਪਤਾਲਾਂ ਵਿੱਚ ਆਧੁਨਿਕ ਸਿਹਤ ਸਹੂਲਤਾਂ ਦੀ ਘਾਟ, ਸਕੂਲਾਂ ਦੀ ਮਾੜੀ ਹਾਲਤ ਅਤੇ ਸਿੱਖਿਆ ਦੇ ਮਿਆਰ ਵਿੱਚ ਸੁਧਾਰ ਵਰਗੇ ਮੁੱਦੇ ਗੰਭੀਰ ਧਿਆਨ ਦੀ ਮੰਗ ਕਰਦੇ ਹਨ।
ਉਨ੍ਹਾਂ ਕਿਹਾ ਕਿ ਕਿਸੇ ਵੀ ਹਲਕੇ ਦੀ ਅਸਲ ਤਰੱਕੀ ਸਿਰਫ ਇਮਾਰਤਾਂ, ਕਲੋਨੀਆਂ ਅਤੇ ਉਦਯੋਗਾਂ ਦੇ ਵਿਸਥਾਰ ਨਾਲ ਨਹੀਂ ਮਾਪੀ ਜਾ ਸਕਦੀ ਸਗੋਂ ਲੋਕਾਂ ਨੂੰ ਸਾਫ ਵਾਤਾਵਰਣ, ਬਿਹਤਰ ਹਸਪਤਾਲ, ਮਿਆਰੀ ਸਕੂਲ ਅਤੇ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੀ ਵਿਕਾਸ ਦੀ ਅਸਲ ਤਸਵੀਰ ਹੈ। ਡੇਰਾਬੱਸੀ ਦੇ ਲੋਕਾਂ ਨੂੰ ਇਨ੍ਹਾਂ ਸਾਰੀਆਂ ਸਹੂਲਤਾਂ ਦਾ ਲਾਭ ਮਿਲਣਾ ਚਾਹੀਦਾ ਹੈ।
ਇਸ ਮੌਕੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿੱਚ ਹੋਏ ਵਿਕਾਸ ਕਾਰਜਾਂ ਅਤੇ ਸੂਬੇ ਦੀ ਤਰੱਕੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਰਿਆਣਾ ਨੇ ਵਿਕਾਸਮੁਖੀ ਨੀਤੀਆਂ ਅਤੇ ਲੋਕ ਪੱਖੀ ਸੋਚ ਸਦਕਾ ਵੱਖ-ਵੱਖ ਖੇਤਰਾਂ ਵਿੱਚ ਨਵੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਐੱਨ.ਡੀ.ਏ. ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਵੀ ਵਿਕਾਸ ਦੀਆਂ ਨਵੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ। ਉਨ੍ਹਾਂ ਮੋਹਾਲੀ, ਖਰੜ ਅਤੇ ਡੇਰਾਬੱਸੀ ਹਲਕੇ ਦੀਆਂ ਸਮੱਸਿਆਵਾਂ ਦੂਰ ਕਰਨ ਅਤੇ ਇਲਾਕੇ ਦੀ ਤਰੱਕੀ ਨੂੰ ਤਰਜੀਹ ਦੇਣ ਦੀ ਗੱਲ ਵੀ ਕਹੀ। ਉਨ੍ਹਾਂ ਸਾਰੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਸਾਰੇ ਜਣੇ ਅਗਲੇ ਸਾਲ ਨਵਾਂ ਪੰਜਾਬ ਬਣਾਉਣ ਲਈ ਇਕਜੁੱਟ ਹੋ ਕੇ ਹੰਭਲਾ ਮਾਰੀਏ ਅਤੇ ਪੰਜਾਬ ਨੂੰ ਵਿਕਾਸ ਦੀ ਰਫ਼ਤਾਰ ਨਾਲ ਜੋੜੀਏ।
- Download Babushahi App
-
-