ਕੈਨੇਡਾ ਦੇ ਕੈਲਗਰੀ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ: ਪਠਾਨਕੋਟ 'ਚ ਛਾਇਆ ਮਾਤਮ
ਬਾਬੂਸ਼ਾਹੀ ਬਿਊਰੋ
ਕੈਲਗਰੀ , 1 ਸਤੰਬਰ: ਕੈਨੇਡਾ ਦੇ ਕੈਲਗਰੀ ਸ਼ਹਿਰ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬ ਦੇ ਪਠਾਨਕੋਟ ਨਾਲ ਸਬੰਧਤ 24 ਸਾਲਾ ਨੌਜਵਾਨ ਹਰਜਸ ਸਿੰਘ ਦੀ ਅਣਪਛਾਤੇ ਵਿਅਕਤੀ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਹਰਜਸ ਸਿੰਘ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਰੁਜ਼ਗਾਰ ਦੀ ਭਾਲ ਵਿੱਚ ਅਮਰੀਕਾ ਗਿਆ ਸੀ ਅਤੇ ਉੱਥੇ ਇੱਕ ਸਟੋਰ 'ਚ ਕੰਮ ਕਰਦਾ ਸੀ। ਉਹ ਕਿਸੇ ਨਿੱਜੀ ਜਾਂ ਵਪਾਰਕ ਕੰਮ ਦੇ ਸਿਲਸਿਲੇ ਵਿੱਚ ਅਮਰੀਕਾ ਤੋਂ ਕੈਨੇਡਾ ਦੇ ਕੈਲਗਰੀ ਗਿਆ ਹੋਇਆ ਸੀ, ਜਿੱਥੇ ਇਹ ਦਰਦਨਾਕ ਹਾਦਸਾ ਵਾਪਰ ਗਿਆ।
ਕੈਲਗਰੀ ਪੁਲਿਸ ਅਨੁਸਾਰ ਇਹ ਘਟਨਾ 30 ਅਗਸਤ ਨੂੰ ਦੁਪਹਿਰ ਲਗਭਗ 12:55 ਵਜੇ ਕੌਰਨਰਸਟੋਨ ਬੁਲੇਵਾਰਡ NE ਦੇ 1100 ਬਲਾਕ ਵਿੱਚ ਵਾਪਰੀ। ਗੋਲੀਬਾਰੀ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ, ਪਰ ਉਦੋਂ ਤੱਕ ਹਰਜਸ ਸਿੰਘ ਦੀ ਮੌਤ ਹੋ ਚੁੱਕੀ ਸੀ। ਕੈਲਗਰੀ ਪੁਲਿਸ ਦੀ ਹੋਮੀਸਾਈਡ ਯੂਨਿਟ (Homicide Unit) ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਸ ਮਾਮਲੇ 'ਚ ਕਿਸੇ ਵੀ ਸ਼ੱਕੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਪੁਲਿਸ ਗੋਲੀਬਾਰੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਆਸ-ਪਾਸ ਦੇ ਇਲਾਕੇ ਦੀ ਜਾਂਚ ਕਰ ਰਹੀ ਹੈ।