ਭਾਈ ਜਗਤਾਰ ਸਿੰਘ ਹਵਾਰਾ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ-ਪੰਥਕ ਅਤੇ ਕਿਸਾਨ ਆਗੂ
ਹਰਦਮ ਮਾਨ
ਸਰੀ, 11 ਸਤੰਬਰ 2026- ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਸਰੂਪਾਂ ਦੀ ਮਰਿਆਦਾ ਭੰਗ ਹੋਣ ਦੇ ਮਾਮਲੇ ਨੂੰ ਲੈ ਕੇ ਸਤਿਕਾਰ ਕਮੇਟੀ ਬੀ.ਸੀ. ਕੈਨੇਡਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਅਤੇ ਕਿਸਾਨ ਆਗੂਆਂ ਵੱਲੋਂ ਇੱਥੇ ਕਿੰਗ ਜਾਰਜ ਬੁਲੇਵਾਰਡ ਅਤੇ 88 ਐਵੀਨਿਊ ਇੰਟਰ ਸ਼ੈਕਸ਼ਨ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਆਗੂਆਂ ਨੇ ਦੋਵਾਂ ਮਾਮਲਿਆਂ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਰਕਾਰਾਂ ਅਤੇ ਸਿੱਖ ਸੰਸਥਾਵਾਂ ਤੋਂ ਗੰਭੀਰਤਾ ਨਾਲ ਕਾਰਵਾਈ ਕਰਨ ਦੀ ਮੰਗ ਕੀਤੀ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਬੁਲਾਰੇ ਐੱਸ.ਪੀ. ਸਿੰਘ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੋਰਨਾਂ ਮਾਮਲਿਆਂ ਵਿੱਚ ਕਈ ਵਾਰ ਪੈਰੋਲ ਦਿੱਤੇ ਜਾਣ ਦੇ ਬਾਵਜੂਦ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਅਜਿਹਾ ਨਾ ਹੋਣਾ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਦੀ ਬਜ਼ੁਰਗ ਮਾਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਉਮਰ ਅਤੇ ਸਿਹਤ ਨੂੰ ਦੇਖਦਿਆਂ ਭਾਈ ਹਵਾਰਾ ਨੂੰ ਆਪਣੀ ਮਾਤਾ ਨਾਲ ਮਿਲਣ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਹੋਰ ਲਟਕਾਉਣ ਦੀ ਬਜਾਏ ਮਨੁੱਖੀ ਪੱਖ ਤੋਂ ਵਿਚਾਰਿਆ ਜਾਵੇ।
ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਸਰੂਪਾਂ ਦੀ ਮਰਿਆਦਾ ਭੰਗ ਹੋਣ ਦੇ ਮਾਮਲੇ ’ਤੇ ਵੀ ਚਿੰਤਾ ਪ੍ਰਗਟਾਈ ਗਈ। ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕਰਵਾ ਕੇ ਪੰਥਕ ਮਰਿਆਦਾ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ।ਠਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਰੂਪ ਸਿੰਘ, ਸਤਿਕਾਰ ਕਮੇਟੀ ਦੇ ਬੁਲਾਰੇ ਕੁਲਦੀਪ ਸਿੰਘ ਅਤੇ ਕਿਸਾਨ ਵਿੰਗ ਕੈਨੇਡਾ ਦੇ ਆਗੂ ਗੁਰਚਰਨ ਸਿੰਘ ਸਮੇਤ ਹੋਰਨਾਂ ਨੇ ਵੀ ਵਿਚਾਰ ਪ੍ਰਗਟ ਕੀਤੇ। ਬੁਲਾਰਿਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਚੱਲ ਰਹੇ ਸੰਘਰਸ਼ ਦੀਆਂ ਮੰਗਾਂ ਵੱਲ ਸਰਕਾਰਾਂ ਨੂੰ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਸਿੱਖ ਸੰਗਤ ਨੂੰ ਵੀ ਇਨ੍ਹਾਂ ਮਾਮਲਿਆਂ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ।