Canada: ਪੰਜ ਪਿਆਰਿਆਂ ਨੇ ਟੱਕ ਲਾ ਕੇ ਕੀਤਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਸ਼ੁਭ ਆਰੰਭ
ਹਰਦਮ ਮਾਨ
ਸਰੀ, 21 ਸਤੰਬਰ 2026 - ਸਿੱਖ ਸੰਗਤਾਂ ਦੀਆਂ ਧਾਰਮਿਕ ਅਤੇ ਸਮਾਜਿਕ ਲੋੜਾਂ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕਾਰਜ ਗੁਰੂ ਸਾਹਿਬ ਦਾ ਓਟ-ਆਸਰਾ ਲੈਂਦਿਆਂ ਅਤੇ ਸੰਗਤਾਂ ਦੇ ਜੈਕਾਰਿਆਂ ਦੀ ਗੂੰਜ ਵਿੱਚ ਰਸਮੀ ਤੌਰ ’ਤੇ ਸ਼ੁਰੂ ਹੋ ਗਿਆ। ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਣ ਮੌਕੇ ਕਰਵਾਇਆ ਗਿਆ ਵਿਸ਼ੇਸ਼ ਸਮਾਗਮ ਪੂਰੀ ਤਰ੍ਹਾਂ ਧਾਰਮਿਕ ਸ਼ਰਧਾ, ਸਾਂਝ ਅਤੇ ਉਤਸ਼ਾਹ ਦਾ ਪ੍ਰਤੀਕ ਬਣਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਤੋਂ ਇਲਾਵਾ ਧਾਰਮਿਕ ਸ਼ਖ਼ਸੀਅਤਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ, ਸਿਆਸੀ ਆਗੂਆਂ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕੀਤੀ।
ਸਮਾਗਮ ਦੌਰਾਨ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਵੱਲੋਂ ਨਵੀਂ ਇਮਾਰਤ ਦੀ ਉਸਾਰੀ ਦੀ ਆਰੰਭਤਾ ਲਈ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ। ਅਰਦਾਸ ਦੇ ਪਵਿੱਤਰ ਪਲਾਂ ਦੌਰਾਨ ਸਮੁੱਚਾ ਮਾਹੌਲ ਗੁਰਬਾਣੀ ਦੇ ਰਸ ਅਤੇ ਅਧਿਆਤਮਕ ਭਾਵਨਾ ਨਾਲ ਸਰਸ਼ਾਰ ਹੋ ਗਿਆ। ਸੰਗਤਾਂ ਨੇ ਗੁਰੂ ਸਾਹਿਬ ਅੱਗੇ ਨਤਮਸਤਕ ਹੁੰਦਿਆਂ ਇਸ ਮਹੱਤਵਪੂਰਨ ਕਾਰਜ ਦੀ ਸਫਲਤਾ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਨੀਂਹ ਪੱਥਰ ਰੱਖਣ ਦੀ ਰਸਮ ਮੌਕੇ ਸੰਗਤਾਂ ਵੱਲੋਂ ਬੋਲੇ ਗਏ ਜੈਕਾਰਿਆਂ ਨਾਲ ਸਮੁੱਚਾ ਵਾਤਾਵਰਨ ਗੂੰਜ ਉੱਠਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਸਰੀ ਅਤੇ ਆਸ-ਪਾਸ ਵਸਦੀ ਸਿੱਖ ਸੰਗਤ ਲਈ ਧਾਰਮਿਕ, ਸਮਾਜਿਕ ਗਤੀਵਿਧੀਆਂ ਦਾ ਇੱਕ ਮਹੱਤਵਪੂਰਨ ਕੇਂਦਰ ਹੋਵੇਗੀ। ਨਵੀਂ ਇਮਾਰਤ ਰਾਹੀਂ ਸੰਗਤਾਂ ਨੂੰ ਵਧੇਰੇ ਸਹੂਲਤਾਂ ਮਿਲਣ ਦੇ ਨਾਲ-ਨਾਲ ਗੁਰਮਤਿ, ਗੁਰਬਾਣੀ ਅਤੇ ਸਿੱਖ ਵਿਰਾਸਤ ਨਾਲ ਨਵੀਂ ਪੀੜ੍ਹੀ ਨੂੰ ਜੋੜਨ ਲਈ ਵੀ ਇੱਕ ਮਜ਼ਬੂਤ ਮੰਚ ਉਪਲਬਧ ਹੋਣ ਦੀ ਆਸ ਪ੍ਰਗਟਾਈ ਗਈ।
ਇਸ ਮਹੱਤਵਪੂਰਨ ਸਮਾਗਮ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਅਤੇ ਉਨ੍ਹਾਂ ਦੀ ਸਰਕਾਰ ਦੇ ਨੁਮਾਇੰਦਿਆਂ ਤੋਂ ਇਲਾਵਾ ਸਰੀ ਦੀ ਮੇਅਰ ਬਰੈਂਡਾ ਲੌਕ ਅਤੇ ਸਿਟੀ ਕੌਂਸਲ ਦੇ ਮੈਂਬਰਾਂ ਨੇ ਵੀ ਹਾਜ਼ਰੀ ਭਰੀ। ਇਸ ਤੋਂ ਇਲਾਵਾ ਕੈਨੇਡਾ ਦੇ ਸੈਨੇਟ ਮੈਂਬਰ ਤੇਜ ਸਿੰਘ ਢਿੱਲੋਂ, ਸੰਸਦ ਮੈਂਬਰ ਸੁਖ ਧਾਲੀਵਾਲ, ਰਣਦੀਪ ਸਿੰਘ ਸਰਾਏ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਵਿਸ਼ੇਸ਼ ਤੌਰ ’ਤੇ ਸਮਾਗਮ ਵਿੱਚ ਸ਼ਾਮਲ ਹੋਏ।
ਸਮਾਗਮ ਵਿੱਚ ਪਹੁੰਚੀਆਂ ਵੱਖ-ਵੱਖ ਸ਼ਖ਼ਸੀਅਤਾਂ ਨੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਦੇ ਸ਼ੁਭ ਆਰੰਭ ’ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਇਹ ਕਾਰਜ ਗੁਰੂ ਸਾਹਿਬ ਦੀ ਕਿਰਪਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਨੇਪਰੇ ਚੜ੍ਹੇਗਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਵਿੱਚ ਪਹੁੰਚੀਆਂ ਸਮੁੱਚੀਆਂ ਸੰਗਤਾਂ, ਧਾਰਮਿਕ ਸ਼ਖ਼ਸੀਅਤਾਂ, ਸਿਆਸੀ ਆਗੂਆਂ, ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਪ੍ਰਬੰਧਕਾਂ ਨੇ ਕਿਹਾ ਕਿ ਨਵੀਂ ਇਮਾਰਤ ਦੀ ਉਸਾਰੀ ਦਾ ਇਹ ਕਾਰਜ ਸਮੁੱਚੀ ਸੰਗਤ ਦੀ ਸਾਂਝੀ ਸ਼ਰਧਾ, ਸਹਿਯੋਗ ਅਤੇ ਸੇਵਾ ਭਾਵਨਾ ਦਾ ਪ੍ਰਤੀਕ ਹੈ ਅਤੇ ਇਸ ਨੂੰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।