Canada: ਕੰਸਰਵੇਟਿਵ ਪਾਰਟੀ ਦੇ ਆਗੂ ਲੌਰਨ ਡੋਰਕਸਨ ਵੱਲੋਂ ਚੋਣ ਵਾਅਦੇ ਪੂਰੇ ਕਰਨ ਦਾ ਅਹਿਦ
ਟੈਕਸਾਂ ਵਿੱਚ ਰਾਹਤ, ਸਿਹਤ ਸੇਵਾਵਾਂ ਵਿੱਚ ਸੁਧਾਰ ਅਤੇ ਆਰਥਿਕ ਵਿਕਾਸ ਹੋਣਗੇ ਮੁੱਖ ਏਜੰਡੇ
ਹਰਦਮ ਮਾਨ
ਸਰੀ, 28 ਅਕਤੂਬਰ 2026 - ਬ੍ਰਿਟਿਸ਼ ਕੋਲੰਬੀਆ ਦੀਆਂ ਸੂਬਾਈ ਚੋਣਾਂ ਵਿੱਚ ਇਤਿਹਾਸਕ ਜਿੱਤ ਹਾਸਲ ਕਰਨ ਤੋਂ ਬਾਅਦ ਕੰਸਰਵੇਟਿਵ ਪਾਰਟੀ ਦੇ ਆਗੂ ਲੌਰਨ ਡੋਰਕਸਨ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ ਅਤੇ ਸਰਕਾਰ ਦੇ ਕੰਮਕਾਜ ਵਿੱਚ ਤੇਜ਼ੀ ਲਿਆਉਣ ਦਾ ਅਹਿਦ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਤਬਦੀਲੀ ਲਈ ਫ਼ਤਵਾ ਦਿੱਤਾ ਹੈ ਅਤੇ ਉਨ੍ਹਾਂ ਦੇ ਭਰੋਸੇ ’ਤੇ ਖਰਾ ਉਤਰਨਾ ਨਵੀਂ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ।
24 ਅਕਤੂਬਰ ਨੂੰ ਹੋਈਆਂ ਚੋਣਾਂ ਵਿੱਚ ਕੰਸਰਵੇਟਿਵ ਪਾਰਟੀ ਨੇ ਬਹੁਮਤ ਹਾਸਲ ਕਰਕੇ ਲਗਭਗ ਨੌਂ ਸਾਲਾਂ ਤੋਂ ਸੱਤਾ ਵਿੱਚ ਰਹੀ ਐੱਨਡੀਪੀ ਸਰਕਾਰ ਦਾ ਅੰਤ ਕਰ ਦਿੱਤਾ। ਜਿੱਤ ਤੋਂ ਬਾਅਦ 25 ਅਕਤੂਬਰ ਨੂੰ ਆਪਣੀ ਪਹਿਲੀ ਅਧਿਕਾਰਤ ਪ੍ਰੈੱਸ ਕਾਨਫਰੰਸ ਵਿੱਚ ਡੋਕਸਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਦੀ ਪਾਰਟੀ ’ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਸ ਨੂੰ ਹਰ ਰੋਜ਼ ਆਪਣੇ ਕੰਮਾਂ ਰਾਹੀਂ ਸਾਬਤ ਕਰਨਾ ਪਵੇਗਾ। ਉਨ੍ਹਾਂ ਨੇ ਸੂਬੇ ਦੇ ਹਰ ਖੇਤਰ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਦਾ ਭਰੋਸਾ ਵੀ ਦਿੱਤਾ। ਡੋਕਸਨ ਅਨੁਸਾਰ ਨਵੀਂ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਰਹਿਣ-ਸਹਿਣ ਦੇ ਖ਼ਰਚੇ ਘਟਾਉਣਾ, ਸਿਹਤ ਸੇਵਾਵਾਂ ਵਿੱਚ ਸੁਧਾਰ, ਜਨਤਕ ਸੁਰੱਖਿਆ ਯਕੀਨੀ ਬਣਾਉਣਾ ਅਤੇ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣਾ ਸ਼ਾਮਲ ਹਨ।
ਡੋਰਕਸਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀਆਂ ਮੁੱਢਲੀਆਂ ਤਰਜੀਹਾਂ ਵਿੱਚੋਂ ਇੱਕ ਸੂਬੇ ਦੇ ਵਿਅਕਤੀਗਤ ਆਮਦਨ ਕਰ ਦੀ ਮੁੱਢਲੀ ਛੋਟ ਦੀ ਹੱਦ ਵਧਾ ਕੇ 32,000 ਡਾਲਰ ਕਰਨਾ ਹੋਵੇਗਾ। ਉਨ੍ਹਾਂ ਦੇ ਦਾਅਵੇ ਅਨੁਸਾਰ ਇਸ ਨਾਲ ਲਗਭਗ ਹਰ ਕੰਮਕਾਜੀ ਬ੍ਰਿਟਿਸ਼ ਕੋਲੰਬੀਆ ਵਾਸੀ ਨੂੰ ਸਾਲਾਨਾ ਕਰੀਬ 1,000 ਡਾਲਰ ਦੀ ਰਾਹਤ ਮਿਲ ਸਕਦੀ ਹੈ। ਉਨ੍ਹਾਂ ਮੁੜ ਦੁਹਰਾਇਆ ਕਿ ਕਨਸਰਵੇਟਿਵ ਸਰਕਾਰ ਨਾ ਤਾਂ ਮੌਜੂਦਾ ਟੈਕਸਾਂ ਵਿੱਚ ਵਾਧਾ ਕਰੇਗੀ ਅਤੇ ਨਾ ਹੀ ਨਵੇਂ ਟੈਕਸ ਲਗਾਏਗੀ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਜੇਕਰ ਵਿਧਾਨ ਸਭਾ ਦਾ ਪਤਝੜ ਇਜਲਾਸ ਬੁਲਾਇਆ ਜਾਂਦਾ ਹੈ ਤਾਂ ਟੈਕਸ ਰਾਹਤ ਨਾਲ ਸਬੰਧਤ ਕਾਨੂੰਨੀ ਕਦਮਾਂ ਨੂੰ ਤਰਜੀਹ ਦਿੱਤੀ ਜਾ ਸਕਦੀ ਹੈ।
ਸਿਹਤ ਸੇਵਾਵਾਂ ਬਾਰੇ ਗੱਲ ਕਰਦਿਆਂ ਡੋਰਕਸਨ ਨੇ ਐਲਾਨ ਕੀਤਾ ਕਿ ਸਰਕਾਰ ਦੇ ਪਹਿਲੇ 100 ਦਿਨਾਂ ਦੇ ਅੰਦਰ ਇੱਕ ਮਾਹਿਰ ਕਮਿਸ਼ਨ ਬਣਾਇਆ ਜਾਵੇਗਾ। ਇਸ ਦਾ ਮਕਸਦ ਹਸਪਤਾਲਾਂ ਦੇ ਐਮਰਜੈਂਸੀ ਵਾਰਡਾਂ ਨੂੰ ਚਾਲੂ ਰੱਖਣ ਅਤੇ ਮਰੀਜ਼ਾਂ ਦੀ ਉਡੀਕ ਦਾ ਸਮਾਂ ਘਟਾਉਣ ਲਈ ਸੁਝਾਅ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਡਾਕਟਰਾਂ ਅਤੇ ਨਰਸਾਂ ਦੇ ਤਜਰਬੇ ਨੂੰ ਮਹੱਤਵ ਦਿੱਤਾ ਜਾਵੇਗਾ। ਸਿਹਤ ਸੇਵਾਵਾਂ ਤੱਕ ਸਮੇਂ ਸਿਰ ਪਹੁੰਚ ਅਤੇ ਲੋਕਾਂ ਨੂੰ ਆਪਣੇ ਇਲਾਕਿਆਂ ਵਿੱਚ ਲੋੜੀਂਦਾ ਇਲਾਜ ਮੁਹੱਈਆ ਕਰਵਾਉਣਾ ਵੀ ਸਰਕਾਰ ਦੇ ਏਜੰਡੇ ਦਾ ਹਿੱਸਾ ਹੋਵੇਗਾ।
ਨਵੀਂ ਸਰਕਾਰ ਸੂਬੇ ਦੀ ਵਿੱਤੀ ਸਥਿਤੀ ਦੀ ਸੁਤੰਤਰ ਸਮੀਖਿਆ ਵੀ ਕਰਵਾਏਗੀ। ਡੋਰਕਸਨ ਨੇ ਕਿਹਾ ਕਿ ਪਹਿਲਾ ਬਜਟ ਪੇਸ਼ ਕਰਨ ਤੋਂ ਪਹਿਲਾਂ ਸਰਕਾਰ ਸੂਬੇ ਦੇ ਕਰਜ਼ੇ, ਘਾਟੇ ਅਤੇ ਖ਼ਰਚਿਆਂ ਦੀ ਅਸਲ ਸਥਿਤੀ ਬਾਰੇ ਪੂਰੀ ਜਾਣਕਾਰੀ ਹਾਸਲ ਕਰਨਾ ਚਾਹੁੰਦੀ ਹੈ। ਉਨ੍ਹਾਂ ਅਨੁਸਾਰ ਸੂਬੇ ਦੇ ਕਰਜ਼ੇ ਉੱਤੇ ਵਿਆਜ ਦੀ ਅਦਾਇਗੀ ਆਰਥਿਕਤਾ ਉੱਤੇ ਦਬਾਅ ਪਾ ਰਹੀ ਹੈ। ਸਰਕਾਰ ਖ਼ਰਚਿਆਂ ਦੀ ਸਮੀਖਿਆ, ਬੇਲੋੜੇ ਖ਼ਰਚਿਆਂ ਵਿੱਚ ਕਟੌਤੀ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਰਾਹੀਂ ਵਿੱਤੀ ਹਾਲਾਤ ਸੁਧਾਰਨ ਦੀ ਕੋਸ਼ਿਸ਼ ਕਰੇਗੀ।
ਆਰਥਿਕ ਵਿਕਾਸ ਲਈ ਡੋਰਕਸਨ ਨੇ ਐਲਾਨ ਕੀਤਾ ਕਿ ਉਹ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿੱਥ ਨਾਲ ਮਿਲ ਕੇ ਪ੍ਰਸਤਾਵਿਤ ਪੈਸਿਫਿਕ ਲਿੰਕ ਪਾਈਪਲਾਈਨ ਪ੍ਰਾਜੈਕਟ ਨੂੰ ਅੱਗੇ ਵਧਾਉਣ ਲਈ ਗੱਲਬਾਤ ਕਰਨਗੇ। ਉਨ੍ਹਾਂ ਦਾ ਮੰਨਣਾ ਹੈ ਕਿ ਸੂਬੇ ਦੇ ਕੁਦਰਤੀ ਸਰੋਤਾਂ ਦੀ ਬਿਹਤਰ ਵਰਤੋਂ, ਐੱਲਐੱਨਜੀ ਉਤਪਾਦਨ ਵਿੱਚ ਵਾਧਾ ਅਤੇ ਨਵੇਂ ਨਿਵੇਸ਼ ਰਾਹੀਂ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਦੇ ਹਨ। ਡੋਕਸਨ ਨੇ ਸੂਬੇ ਦੇ ਮੂਲਵਾਸੀ ਭਾਈਚਾਰਿਆਂ ਦੇ ਅਧਿਕਾਰਾਂ ਨਾਲ ਸਬੰਧਤ ਕਾਨੂੰਨ ‘ਡਿਕਲੇਰੇਸ਼ਨ ਆਨ ਦ ਰਾਈਟਸ ਆਫ਼ ਇੰਡੀਜਨਸ ਪੀਪਲਜ਼ ਐਕਟ’ (DRIPA) ਨੂੰ ਰੱਦ ਕਰਨ ਦੀ ਆਪਣੀ ਚੋਣ ਵਚਨਬੱਧਤਾ ਵੀ ਦੁਹਰਾਈ ਹੈ।
ਡੋਰਕਸਨ ਨੇ ਕਿਹਾ ਹੈ ਕਿ ਸਰਕਾਰ ਬਣਨ ਤੋਂ ਪਹਿਲਾਂ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸਹੁੰ ਚੁੱਕਣ ਤੋਂ ਬਾਅਦ ਪਹਿਲੇ ਦਿਨ ਤੋਂ ਕੰਮ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਨੇ ਪੇਂਡੂ ਅਤੇ ਉੱਤਰੀ ਬ੍ਰਿਟਿਸ਼ ਕੋਲੰਬੀਆ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਲੋੜਾਂ ਨੂੰ ਅਣਡਿੱਠਾ ਨਹੀਂ ਕੀਤਾ ਜਾਵੇਗਾ।